ਵੇਰਕਾ ਦਾ ਹੈੱਡਕੁਆਰਟਰ ਦਿੱਲੀ 'ਚ ਖੋਲਾਂਗੇ : CM ਮਾਨ

in #delhi2 years ago

ਲੁਧਿਆਣਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿਚ ਵੇਰਕਾ ਦੇ ਅਪਗ੍ਰੇਡਿਡ ਪਲਾਂਟ ਦਾ ਉਦਘਾਟਨ ਕੀਤਾ ਹੈ। ਇਹ ਪਲਾਂਟ 105 ਕਰੋੜ ਦੀ ਲਾਗਤ ਨਾਲ ਅਪਗਰੇਡ ਹੋਇਆ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਦੀ ਮੋਹਰੀ ਸਹਿਕਾਰੀ ਸੰਸਥਾ ਮਿਲਕਫੈੱਡ ਦੀ ਦਿੱਲੀ ਨੂੰ ਹੁੰਦੀ ਦੁੱਧ ਦੀ ਸਪਲਾਈ ਨੂੰ ਮੌਜੂਦਾ 30 ਹਜ਼ਾਰ ਲੀਟਰ ਤੋਂ ਵਧਾ ਕੇ ਦੋ ਲੱਖ ਲੀਟਰ ਕਰਨ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਪੰਜਾਬ ਦੇ ਕਿਸਾਨਾਂ/ਦੁੱਧ ਉਤਪਾਦਕਾਂ ਨੂੰ ਵੱਡਾ ਲਾਭ ਮਿਲੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਦਿੱਲੀ ਸਰਕਾਰ ਨਾਲ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤਹਿਤ ਵੇਰਕਾ ਦੁੱਧ ਅਤੇ ਦੁੱਧ ਉਤਪਾਦਾਂ ਦੀ ਸਪਲਾਈ ਲਈ ਦਿੱਲੀ ਦੇ ਹਰ ਕੋਨੇ ਵਿੱਚ ਨਵੇਂ ਬੂਥ ਖੋਲ੍ਹੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇੱਕੋ ਇੱਕ ਮੰਤਵ ਸਹਿਕਾਰਤਾ ਦੀ ਅਸਲ ਭਾਵਨਾ ਉਤੇ ਚੱਲਦਿਆਂ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਅਤੇ ਵਧੀਆ ਭਾਅ ਦੇਣਾ ਹੈ।