ਮਜ਼ਦੂਰ ਜਥੇਬੰਦੀਆਂ ਵੱਲੋਂ ਦਸ ਜ਼ਿਲ੍ਹਿਆਂ ’ਚ ਸਰਕਾਰ ਖ਼ਿਲਾਫ਼ ਪੁਤਲੇ ਫੂਕ ਮੁਜ਼ਾਹਰੇ

in #delhi2 years ago

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮੋਰਚਾ ਦੇ ਆਗੂਆਂ ਨਾਲ ਤੈਅਸ਼ੁਦਾ ਮੀਟਿੰਗ ਰੱਦ ਕਰਨ ਦੇ ਵਿਰੋਧ ਵਿੱਚ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਦੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ’ਚ ਮੁੱਖ ਮੰਤਰੀ ਦੀਆਂ ਅਰਥੀਆਂ ਸਾੜ ਕੇ ਰੋਸ ਮਾਰਚ ਕੀਤੇ ਗਏ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਕਸ਼ਮੀਰ ਸਿੰਘ ਘੁੱਗਸੋਰ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਪਰਗਟ ਸਿੰਘ ਕਾਲਾਝਾੜ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਆਗੂ ਬਿੱਕਰ ਸਿੰਘ ਹਥੋਆ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ, ਪੰਜਾਬ ਖੇਤ ਮਜ਼ਦੂਰ ਸਭਾ ਦੀ ਜਨਰਲ ਸਕੱਤਰ ਦੇਵੀ ਕੁਮਾਰੀ ਤੇ ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਨੇ ਦੱਸਿਆ ਕਿ 11 ਤੇ 12 ਅਕਤੂਬਰ ਨੂੰ ਵੀ ਅਰਥੀ ਫੂਕ ਮੁਜ਼ਾਹਰੇ ਜਾਰੀ ਰਹਿਣਗੇ। ਜੇ ਫਿਰ ਵੀ ਮੁੱਖ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਕਰ ਕੇ ਮਸਲੇ ਹੱਲ ਨਾ ਕੀਤੇ ਗਏ ਤਾਂ 18 ਅਕਤੂਬਰ ਨੂੰ ਸੰਗਰੂਰ ਦੇ ਪਿੰਡ ਕਾਲ ਵਣਜਾਰਾ ਵਿੱਚ ਉਦਘਾਟਨੀ ਸਮਾਗਮ ਮੌਕੇ ਪਹੁੰਚ ਰਹੇ ਮੁੱਖ ਮੰਤਰੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪਿੰਡ ਬਾਲਦ ਕਲਾ ’ਚ ਸੰਘਰਸ਼ੀ ਮਜ਼ਦੂਰ ਆਗੂ ਨੂੰ ਗ੍ਰਿਫਤਾਰ ਕਰ ਕੇ ਸਰਕਾਰ ਨੇ ਆਪਣੇ ਮਜ਼ਦੂਰ ਦੋਖੀ ਕਿਰਦਾਰ ਦਾ ਸਬੂਤ ਵੀ ਦੇ ਦਿੱਤਾ ਹੈ।