ਮਾਲਵਾ ਖੇਤਰ ਦੀਆਂ ਅਨਾਜ ਮੰਡੀਆਂ ਸੁੰਨੀਆਂ

in #delhi2 years ago

ਮਾਲਵੇ ਦੀਆਂ ਅਨਾਜ ਮੰਡੀਆਂ ਵਿੱਚ ਅੱਜ ਲਗਾਤਾਰ ਦੂਸਰੇ ਦਿਨ ਵੀ ਝੋਨੇ ਦੀ ਆਮਦ ਨਾ ਹੋਈ। ਹਫ਼ਤਾ ਪਹਿਲਾਂ ਪਈਆਂ ਬਾਰਸ਼ਾਂ ਕਾਰਨ ਝੋਨੇ ਦੀ ਵਾਢੀ ਦਾ ਕਾਰਜ ਲੇਟ ਹੋਣ ਲੱਗਾ ਹੈ। ਮਾਨਸਾ ਤੋਂ ਇਲਾਵਾ ਬਠਿੰਡਾ, ਫਾਜ਼ਿਲਕਾ, ਮੁਕਤਸਰ ਅਤੇ ਬਰਨਾਲਾ ਵਿੱਚ ਝੋਨੇ ਦੀ ਆਮਦ ਮੰਡੀਆਂ ਵਿੱਚ ਲੇਟ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ। ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਪਰ ਮੀਂਹਾਂ ਕਾਰਨ ਖੇਤਾਂ ਵਿੱਚ ਖੜ੍ਹੇ ਪਾਣੀ ਕਾਰਨ ਅਜੇ ਕੰਬਾਇਨਾਂ ਨਹੀਂ ਚੱਲ ਸਕਦੀਆਂ ਹਨ। ਪੰਜਾਬ ਮੰਡੀ ਬੋਰਡ ਦੀ ਰਿਪੋਰਟ ਅਨੁਸਾਰ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਕ ਹਫ਼ਤੇ ਤੱਕ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਜਿਹੜੇ ਕਿਸਾਨਾਂ ਨੇ ਝੋਨਾ ਵੱਢ ਲਿਆ ਹੈ, ਉਸ ਨੂੰ ਸਰਕਾਰੀ ਨਿਯਮਾਂ ਅਨੁਸਾਰ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਵਿਕਰੀ ਦੇ ਯੋਗ ਨਹੀਂ ਸਮਝਿਆ ਜਾਵੇਗਾ। ਮਾਨਸਾ ਦੇ ਜ਼ਿਲ੍ਹਾ ਖੇਤੀਬਾੜੀ ਅਫਸਰ ਡਾ. ਸੱਤਪਾਲ ਸਿੰਘ ਰਾਏਕੋਟੀ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿਚ ਇਸ ਵਾਰ ਲਗਭਗ 127 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਦੀ ਬਿਜਾਈ ਕੀਤੀ ਗਈ ਹੈ, ਜਿਸ ਤੋਂ ਤਕਰੀਬਨ ਪੌਣੇ ਨੌ ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਝੋਨੇ ਦੀ ਫਸਲ ਤਿਆਰ ਹੈ ਅਤੇ ਇਕ ਹਫਤੇ ਤੱਕ ਇਸ ਦੀ ਵਾਢੀ ਸ਼ੁਰੂ ਹੋ ਜਾਵੇਗੀ।