ਬਿਜਲੀ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ

in #delhi2 years ago

ਇੱਥੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੀ ਤਹਿਸੀਲ ਕਮੇਟੀ ਨਕੋਦਰ ਨੇ ਬਿਜਲੀ ਦੇ ਦੋ ਦੋ ਘੰਟੇ ਦੇ ਕੱਟਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਐੱਸਡੀਓ ਨੂੰ ਮੰਗ ਪੱਤਰ ਸੌਂਪਿਆ।ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਅਰੋੜਾ, ਜ਼ਿਲ੍ਹਾ ਸਕੱਤਰ ਦਿਲਬਾਗ ਸਿੰਘ ਚੰਦੀ, ਤਹਿਸੀਲ ਪ੍ਰਧਾਨ ਮਨਦੀਪ ਸਿੱਧੂ, ਤਹਿਸੀਲ ਦੇ ਮੀਤ ਸਕੱਤਰ ਗੁਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਹੁਣ ਜਦੋਂ ਝੋਨੇ ਦੀ ਫ਼ਸਲ ਪੱਕਣ ’ਤੇ ਆਈ ਹੈ ਤਾਂ ਸਰਕਾਰ ਵੱਲੋਂ ਦੋ ਦੋ ਘੰਟੇ ਬਿਜਲੀ ਸਪਲਾਈ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਆਫ਼ਤਾਂ ਦਾ ਮਾਰਿਆ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਸ਼ੂਆਂ ਦੇ ਹਰੇ-ਚਾਰੇ ਲਈ ਮੁਆਵਜ਼ਾ ਦਿੱਤਾ ਜਾਵੇ। ਸਬਜ਼ੀਆਂ ਅਤੇ ਝੋਨੇ ਦੀ ਫ਼ਸਲ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ। ਆਗੂਆਂ ਨੇ ਪੰਜਾਬ ਦੀਆਂ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਸੰਗਰੂਰ ਵਿੱਚ ਤਿੰਨ ਦਿਨ ਦਿੱਤੇ ਜਾਣ ਵਾਲੇ ਧਰਨੇ ’ਤੇ ਪਾਬੰਦੀਆਂ ਦੀ ਸਖ਼ਤ ਨਿਖੇਧੀ ਕੀਤੀ।