ਚੰਡੀਗੜ੍ਹ ਤੋਂ ਸਿੱਧੀਆਂ ਉਡਾਨਾਂ ਚਾਲੂ ਕਰਨ ਲਈ ਛੇਤੀ ਮੁਕੰਮਲ ਹੋਵੇ ਕਾਰਵਾਈ : ਭਗਵੰਤ ਮਾਨ
ਚੰਡੀਗੜ੍ਹ, 23 may ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਹਿਦਾਇਤ ਦਿੱਤੀ ਹੈ ਕਿ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ (ਖਾਸ ਕਰਕੇ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ) ਸ਼ੁਰੂ ਕਰਨ ਵਾਸਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ.) ਨਾਲ ਤੁਰੰਤ ਤਾਲਮੇਲ ਕੀਤਾ ਜਾਵੇ ਤਾਂ ਜੋ ਇਹਨਾਂ ਮੁਲਕਾਂ ਲਈ ਸਿੱਧੀਆਂ ਉਡਾਨਾਂ ਆਰੰਭ ਹੋਣ। ਅੱਜ ਸਵੇਰੇ ਆਪਣੇ ਸਰਕਾਰੀ ਨਿਵਾਸ ਸਥਾਨ ਤੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੈਨੇਡਾ, ਅਮਰੀਕਾ, ਯੂ.ਕੇ., ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਪੰਜਾਬੀ ਵਸੋਂ ਦਾ ਵੱਡਾ ਹਿੱਸਾ ਵੱਸਦਾ ਹੈ ਅਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਪੰਜਾਬ ਵਿੱਚ ਆਪਣੇ ਜੱਦੀ ਸਥਾਨਾਂ ਉਤੇ ਬਿਨਾਂ ਕਿਸੇ ਦਿੱਕਤ ਤੋਂ ਜਾਣ ਲਈ ਇਹ ਉਪਰਾਲਾ ਹੋਰ ਵੀ ਸੁਵਿਧਾਜਨਕ ਸਾਬਤ ਹੋਵੇਗਾ।
👍