ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਬਾਰੇ ਮੁੱਖ ਮੰਤਰੀ ਵੱਲੋਂ ਡੀ.ਐਸ.ਆਰ ਪੋਰਟਲ ਲਾਂਚ

in #punjab2 years ago

ਚੰਡੀਗੜ੍ਹ, 25 ਮਈ :- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਲਈ ਆਪਣੀ ਇੱਛਾ ਪ੍ਰਗਟ ਕਰਨ ਵਾਸਤੇ ਕਿਸਾਨਾਂ ਲਈ ਵਿਸ਼ੇਸ਼ ਡੀ.ਐਸ.ਆਰ ਪੋਰਟਲ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੋਰਟਲ ਹਰੇਕ ਕਿਸਾਨ, ਜਿਸ ਨੇ ਡੀ.ਐਸ.ਆਰ ਤਕਨੀਕ ਦੀ ਚੋਣ ਕੀਤੀ ਹੈ, ਬਾਰੇ ਪੂਰੇ ਅੰਕੜਿਆਂ ਨੂੰ ਇਕੱਠਾ ਕਰਨ ਵਿੱਚ ਸਹਾਈ ਹੋਣ ਤੋਂ ਇਲਾਵਾ ਪੁਖਤਾ ਤਸਦੀਕ ਤੋਂ ਬਾਅਦ ਯੋਗ ਲਾਭਪਾਤਰੀਆਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ 1500 ਰੁਪਏ ਪ੍ਰਤੀ ਏਕੜ ਦੀ ਅਦਾਇਗੀ ਯਕੀਨੀ ਬਣਾਵੇਗਾ। ਇਹ ਤਕਨੀਕ ਜਮੀਨ ਵਿੱਚ ਪਾਣੀ ਦੇ ਰਿਸਣ ਵਿੱਚ ਸੁਧਾਰ ਕਰਦੀ ਹੈ ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਵੇਗਾ ਅਤੇ ਇਸ ਤਕਨੀਕ ਨੂੰ ਅਪਣਾਉਣ ਨਾਲ ਪਾਣੀ ਦੀ ਘੱਟੋ-ਘੱਟ 15-20 ਫੀਸਦੀ ਬੱਚਤ ਹੋਵੇਗੀ। ਇਸ ਤਕਨੀਕ ਰਾਹੀਂ ਲਾਗਤ ਖਰਚਾ ਵੀ ਤਕਰੀਬਨ 4000 ਰੁਪਏ ਪ੍ਰਤੀ ਏਕੜ ਘੱਟ ਆਉਂਦਾ ਹੈ।

ਪੋਰਟਲ ਦੀ ਰੂਪ-ਰੇਖਾ ਬਾਰੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ ਨੇ ਕਿਹਾ ਕਿ ਢੁਕਵੀਂ ਪੜਤਾਲ ਉਪਰੰਤ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਸਬੰਧਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ।