ਮੈਡੀਕਲ ਸਟੋਰ 'ਤੇ ਪੁਲਿਸ ਤੇ ਡਰੱਗ ਇੰਸਪੈਕਟਰ ਨੇ ਮਾਰਿਆ ਛਾਪਾ

in #batala2 years ago

ਫਤਹਿਗੜ੍ਹ ਚੂੜੀਆਂ 'ਚ ਪੁਲਿਸ ਅਤੇ ਡਰੱਗ ਇੰਸਪੈਕਟਰ ਵੱਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਇਕ ਕੈਮਿਸਟ ਦੀ ਦੁਕਾਨ ਤੋਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਉਕਤ ਮਾਮਲੇ ਦੇ ਸਬੰਧ 'ਚ ਮੈਡੀਕਲ ਸਟੋਰ ਮਾਲਕ ਸਮੇਤ ਇਕ ਹੋਰ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਤਹਿਗੜ੍ਹ ਚੂੜੀਆਂ ਦੇ ਐੱਸਐੱਚਓ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਉਨਾਂ੍ਹ ਦੀ ਪੁਲਿਸ ਪਾਰਟੀ ਨੇ ਅਵਾਣ ਟੀ ਪੁਆਇੰਟ 'ਤੇ ਨਾਕਾ ਲਗਾਇਆ ਹੋਇਆ ਸੀ ਕਿ ਇਕ ਵਿਅਕਤੀ ਨੂੰ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 100 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨਾਂ੍ਹ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਭੁਪਿੰਦਰ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਅਵਾਣ ਵਜੋਂ ਹੋਈ ਹੈ। ਐੱਸਐੱਚਓ ਪ੍ਰਭਜੋਤ ਸਿੰਘ ਨੇ ਅੱਗੇ ਦੱਸਿਆ ਕਿ ਭੁਪਿੰਦਰ ਸਿੰਘ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਇਹ ਗੋਲੀਆਂ ਉਸਨੇ ਫਤਹਿਗੜ੍ਹ ਚੂੜੀਆਂ ਦੇ ਕੁਲਦੀਪ ਮੈਡੀਕਲ ਸਟੋਰ ਤੋਂ ਲਈਆਂ ਹਨ, ਜਿਸ ਤੋਂ ਬਾਅਦ ਉਨਾਂ੍ਹ ਨੇ ਡਰੱਗ ਇੰਸਪੈਕਟਰ ਗੁਰਦੀਪ ਸਿੰਘ ਦੇ ਨਾਲ ਸਾਂਝੇ ਤੌਰ 'ਤੇ ਕੁਲਦੀਪ ਮੈਡੀਕਲ ਸਟੋਰ 'ਤੇ ਛਾਪਾ ਮਾਰਿਆ, ਜਿੱਥੋਂ ਵੱਖ ਵੱਖ ਬਰਾਂਡਾਂ ਦੀਆਂ ਪਾਬੰਦੀਸ਼ੁਦਾ 2033 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨਾਂ੍ਹ ਦੱਸਿਆ ਕਿ ਤਲਾਸ਼ੀ ਦੌਰਾਨ ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਤੋਂ ਇਲਾਵਾ ਕੁਲਦੀਪ ਮੈਡੀਕਲ ਸਟੋਰ ਤੋਂ 17260 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਉਨਾਂ੍ਹ ਦੱਸਿਆ ਕਿ ਕੁਲਦੀਪ ਮੈਡੀਕਲ ਸਟੋਰ ਦੇ ਮਾਲਕ ਕੁਲਦੀਪ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਫਤਹਿਗੜ੍ਹ ਚੂੜੀਆਂ ਅਤੇ ਭੁਪਿੰਦਰ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਅਵਾਣ ਵਿਰੁੱਧ ਐੱਫਆਈਆਰ ਨੰਬਰ 50 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ੍ਹ ਕਿਹਾ ਕਿ ਦੋਹਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ। ਇੱਥੇ ਵੀ ਦੱਸਣਯੋਗ ਹੈ ਕਿ ਕੁਲਦੀਪ ਮੈਡੀਕਲ ਸਟੋਰ 'ਤੇ ਪਹਿਲਾਂ ਵੀ ਪੰਜ ਵਾਰ ਤੋਂ ਵੱਧ ਛਾਪੇਮਾਰੀ ਦੌਰਾਨ ਨਸ਼ੀਲੀਆਂ ਦਵਾਈਆਂ ਫੜੀਆਂ ਗਈਆਂ ਹਨ, ਪਰ ਫੇਰ ਵੀ ਉਹ ਸਿਆਸੀ ਆੜ ਹੇਠ ਨਸ਼ੀਲੀਆਂ ਪਾਬੰਦੀਸ਼ੁਦਾ ਦਵਾਈਆਂ ਵੇਚਣ ਦਾ ਨਿਰੰਤਰ ਕੰਮ ਕਰਦਾ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਉਕਤ ਮੈਡੀਕਲ ਸਟੋਰ ਬਿਨਾਂ ਲਾਇਸੈਂਸ ਤੋਂ ਹੀ ਕੰਮ ਕਰ ਰਿਹਾ ਹੈ ਜਿਸ ਨੂੰ ਲੈ ਕੇ ਡਰੱਗ ਇੰਸਪੈਕਟਰ ਵੱਲੋਂ ਵੱਖਰੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸਐੱਚਓ ਪ੍ਰਭਜੋਤ ਸਿੰਘ ਨੇ ਕਿਹਾ ਕਿ ਐੱਸਐੱਸਪੀ ਬਟਾਲਾ ਰਾਜਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ, ਜਿਸ ਲੜੀ ਤਹਿਤ ਕੈਮਿਸਟ ਦੁਕਾਨਦਾਰ ਨੂੰ ਫੜਿਆ ਗਿਆ ਹੈ।24_05_2022-24btl_24_24052022_670-c-3_m.jpg