ਆਪ’ ਵੱਲੋਂ ਭਾਜਪਾ ’ਤੇ ਵਿਧਾਇਕਾਂ ਦੀ ਖ਼ਰੀਦੋ-ਫ਼ਰੋਖਤ ਦੇ ਲਾਏ ਦੋਸ਼ਾਂ ’ਤੇ ਰਾਜਾ ਵੜਿੰਗ ਦਾ ਵੱਡਾ ਬਿਆਨ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਸ ਦੇ ਕੁਝ ਵਿਧਾਇਕਾਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਅਤੇ ਪ੍ਰਤੀ ਵਿਧਾਇਕ 20-25 ਕਰੋੜ ਰੁਪਏ ਦੀਆਂ ਪੇਸ਼ਕਸ਼ਾਂ ਦੇ ਕੇ ਉਨ੍ਹਾਂ ਨੂੰ ਖਰੀਦਣ ਦੇ ਲਾਏ ਗਏ ਦੋਸ਼ਾਂ ’ਤੇ ਮਜ਼ਾਕ ਉਡਾਇਆ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਭਾਜਪਾ ਅਜਿਹਾ ਕਰਨ ’ਚ ਸਮਰੱਥ ਹੈ ਅਤੇ ਇਸ ਦਾ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਨੂੰ ਖਰੀਦ ਕੇ ਸਰਕਾਰਾਂ ਨੂੰ ਅਸਥਿਰ ਕਰਨ ਦਾ ਇਤਿਹਾਸ ਰਿਹਾ ਹੈ ਪਰ ਮੌਜੂਦਾ ਸਥਿਤੀ ’ਚ ਤੁਸੀਂ ਆਪਣੀ ਅਸਫਲਤਾ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹੋ। ਉਨ੍ਹਾਂ ਕਿਹਾ ਕਿ ‘ਆਪ’ ਅੰਦਰ ਕਿਸੇ ਨਾ ਕਿਸੇ ਬਗਾਵਤ ਦੀ ਅੱਗ ਬਲ਼ ਰਹੀ ਹੈ। ਇਸ ਦੇ ਵਿਧਾਇਕ ਅਸਹਿਜ ਮਹਿਸੂਸ ਕਰ ਰਹੇ ਹਨ ਅਤੇ ਪਾਰਟੀ ਅਜਿਹੀ ਕਿਸੇ ਵੀ ਹਰਕਤ ਨੂੰ ਪਹਿਲਾਂ ਹੀ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।