ਮਾਨ ਕੈਬਨਿਟ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕੇ ਕਰਨ ਨੂੰ ਪ੍ਰਵਾਨਗੀ

in #punjab2 years ago

ਮੁਲਾਜ਼ਮ ਪੱਖੀ ਇਕ ਵੱਡੇ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਐਡਹਾਕ, ਠੇਕੇ, ਡੇਲੀ ਵੇਜ਼, ਵਰਕ ਚਾਰਜਡ ਤੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵਾਲੀ ਨੀਤੀ ਨੂੰ ਅੱਜ ਪ੍ਰਵਾਨਗੀ ਦੇ ਦਿੱਤੀ। ਇਸ ਫੈਸਲੇ ਨਾਲ ਸੂਬਾ ਸਰਕਾਰ ਦੇ ਨੌਂ ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਲਾਭ ਹੋਵੇਗਾ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।
220px-Bhagwant_Mann_Portrail_2022.jpg
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਗਰੁੱਪ ਸੀ ਤੇ ਗਰੁੱਪ ਡੀ ਦੇ ਪੱਧਰ ਦੀਆਂ ਆਸਾਮੀਆਂ ਦੀ ਬੇਹੱਦ ਘਾਟ ਹੋਣ ਕਾਰਨ ਇਨ੍ਹਾਂ ਆਸਾਮੀਆਂ ਉਤੇ ਠੇਕੇ/ਆਰਜ਼ੀ ਤੌਰ ਉਤੇ ਭਰਤੀ ਕੀਤੀ ਗਈ ਸੀ। ਇਨ੍ਹਾਂ ਵਿੱਚੋਂ ਕੁੱਝ ਮੁਲਾਜ਼ਮਾਂ ਨੂੰ ਕੰਮ ਕਰਦਿਆਂ 10 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ ਅਤੇ ਉਨ੍ਹਾਂ ਆਪਣੀ ਜ਼ਿੰਦਗੀ ਦੇ ਅਹਿਮ ਸਾਲ ਸੂਬੇ ਦੀ ਸੇਵਾ ਲਈ ਦਿੱਤੇ ਹਨ। ਕੈਬਨਿਟ ਦਾ ਤਰਕ ਸੀ ਕਿ ਇਸ ਪੱਧਰ ਉਤੇ ਜਾ ਕੇ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਫਾਰਗ ਕਰਨ ਜਾਂ ਇਨ੍ਹਾਂ ਦੀ ਥਾਂ ਹੋਰ ਭਰਤੀ ਕਰਨੀ, ਇਨ੍ਹਾਂ ਮੁਲਾਜ਼ਮਾਂ ਨਾਲ ਸਰਾਸਰ ਬੇਇਨਸਾਫ਼ੀ ਤੇ ਅਢੁਕਵੀਂ ਹੈ।