ਆਮ ਆਦਮੀ ਸਰਕਾਰ ਨੇ ਸਿਰਫ਼ ਪੰਜ ਮਹੀਨਿਆਂ ਵਿਚ 17,313 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ: ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਆਮ ਆਦਮੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਣ ਦੇ ਮਹਿਜ਼ ਪੰਜ ਮਹੀਨਿਆਂ ਵਿੱਚ ਹੀ 17,313 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ।
ਇੱਥੇ ਪੰਜਾਬ ਪੁਲਿਸ ਵਿੱਚ ਨਵ-ਨਿਯੁਕਤ 4358 ਸਿਪਾਹੀਆਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਰੀ ਭਰਤੀ ਪ੍ਰਕਿਰਿਆ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਇਸ ਸਾਰੀ ਭਰਤੀ ਮੁਹਿੰਮ ਦੌਰਾਨ ਸਿਰਫ਼ ਮੈਰਿਟ ਹੀ ਇਕੋ-ਇਕ ਮਾਪਦੰਡ ਸੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਖ਼ਾਲੀ ਪਈਆਂ 5739 ਹੋਰ ਆਸਾਮੀਆਂ ਉਤੇ ਭਰਤੀ ਜਲਦੀ ਸ਼ੁਰੂ ਕੀਤੀ ਜਾਵੇਗੀ।