ਸਿਵਲ ਹਸਪਤਾਲ ਬਟਾਲਾ ਨੇ ਸਲੱਮ ਏਰੀਏ ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

in #batala2 years ago

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਗੁਰਦਾਸਪੁਰ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਦੇ ਸਲੱਮ ਏਰੀਏ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।ਬਟਾਲਾ ਦੀ ਲੋਹਾ ਮੰਡੀ ਵਿਖੇ ਸਲੱਮ ਏਰੀਰੇ ਵਿੱਚ ਲੱਗੇ ਮੈਡੀਕਲ ਕੈਂਪ ਦੌਰਾਨ ਸਿਵਲ ਹਸਪਤਾਲ ਬਟਾਲਾ ਦੇ ਮਾਹਿਰ ਡਾਕਟਰਾਂ ਵੱਲੋਂ ਝੁੱਗੀਆਂ ਵਿੱਚ ਰਹਿਣ ਵਾਲੀਆਂ ਔਰਤਾਂ, ਮਰਦਾਂ ਅਤੇ ਬੱਚਿਆਂ ਸਮੇਤ ਕੁੱਲ 77 ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ ਲੋੜ ਅਨੁਸਾਰ ਉਨਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਇਸ ਮੌਕੇ ਡਾਕਟਰਾਂ ਵੱਲੋਂ ਤੰਦਰੁਸਤ ਜੀਵਨ ਲਈ ਵੱਖ-ਵੱਖ ਪਰਹੇਜ਼ਾਂ ਅਤੇ ਸਾਵਧਾਨੀਆਂ ਬਾਰੇ ਵੀ ਦੱਸਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਦੇ ਸਕੱਤਰ ਰਾਜੀਵ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਗਰੀਬ ਅਤੇ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਵੱਲੋਂ ਜਿਥੇ ਕੈਂਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ ਓਥੇ ਜੇਕਰ ਕਿਸੇ ਮਰੀਜ਼ ਨੂੰ ਵਧੇਰੇ ਇਲਾਜ ਦੀ ਲੋੜ ਹੁੰਦੀ ਹੈ ਤਾਂ ਉਨ੍ਹਾਂ ਦਾ ਹਸਪਤਾਲ ਵਿਚੋਂ ਵੀ ਇਲਾਜ ਕਰਾ ਕੇ ਦਿੱਤਾ ਜਾਂਦਾ ਹੈ। ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੀ ਮਾਹਿਰ ਡਾ. ਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਬਟਾਲਾ ਵਿੱਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਅਜਿਹੇ ਕੈਂਪਾਂ ਸਦਕਾ ਸਿਹਤ ਸੇਵਾਵਾਂ ਦਾ ਘੇਰਾ ਹੋਰ ਵੀ ਵਿਸ਼ਾਲ ਹੋਇਆ ਹੈ ਅਤੇ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਉਠਾ ਰਹੇ ਹਨ। ਉਨਾਂ ਕਿਹਾ ਕਿ ਅੱਜ ਦੇ ਕੈਂਪ ਵਿੱਚ ਦੇਖਣ ਨੂੰ ਮਿਲਿਆ ਹੈ ਕਿ ਕਈ ਵਿਅਕਤੀਆਂ ਨੂੰ ਸ਼ੂਗਰ ਤੇ ਬਲੱਡ ਪਰੈਸ਼ਰ ਦੀ ਸ਼ਿਕਾਇਤ ਹੈ ਪਰ ਉਨਾਂ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨਾਂ ਕਿਹਾ ਕਿ ਇਹ ਬਿਮਾਰੀਆਂ ਹੀ ਅੱਗੇ ਚੱਲ ਕੇ ਕਈ ਹੋਰ ਬਿਮਾਰੀਆਂ ਨੂੰ ਜਨਮ ਦਿੰਦੀਆਂ ਹਨ ਅਤੇ ਸਿਹਤ ਲਈ ਹਾਨੀਕਾਰਕ ਸਿੱਧ ਹੁੰਦੀਆਂ ਹਨ। ਡਾ. ਮਨਦੀਪ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਹਨ ਅਤੇ ਕਈ ਮਰੀਜ਼ਾਂ ਨੂੰ ਸਿਵਲ ਹਸਪਤਾਲ ਤੋਂ ਪੂਰਾ ਇਲਾਜ ਕਰਾਉਣ ਲਈ ਵੀ ਕਿਹਾ ਗਿਆ ਹੈ।01May01.jpg