ਸਾਂਝੀ ਜ਼ਮੀਨ ਦੇ ਮਾਲਕੀ ਹੱਕ ਗ੍ਰਾਮ ਪੰਚਾਇਤਾਂ ਨੂੰ ਦੇਣ ਦਾ ਫ਼ੈਸਲਾ

in #delhi2 years ago

ਪੰਜਾਬ ਸਰਕਾਰ ਨੇ ਪਿੰਡਾਂ ਦੀ ਸਾਂਝੀ ਜ਼ਮੀਨ ਦੀ ਪੂਰਨ ਮਾਲਕੀ ਗ੍ਰਾਮ ਪੰਚਾਇਤਾਂ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਲਾਉਣ ਵਾਸਤੇ ਰਿਆਇਤਾਂ ਦੇਣ ਲਈ ਹਰੀ ਝੰਡੀ ਦਿੱਤੀ ਹੈ। ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਈ ਮੀਟਿੰਗ ਵਿੱਚ ਵੱਖ-ਵੱਖ ਐਕਟਾਂ ਵਿੱਚ ਸੋਧ ਲਈ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਵਜ਼ਾਰਤ ਨੇ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸੋਧ ਨਾਲ ਹੁਣ ਸਾਂਝੀ ਪੇਂਡੂ ਜ਼ਮੀਨ ਦੀਆਂ ਮਾਲਕ ਸਿਰਫ਼ ਗ੍ਰਾਮ ਪੰਚਾਇਤਾਂ ਹੋਣਗੀਆਂ। ਇਸ ਸੋਧ ਤੋਂ ਬਾਅਦ ਪਿੰਡ ਦੇ ਸਾਂਝੇ ਮੰਤਵਾਂ ਲਈ ਰਾਖਵੀਂ ਰੱਖੀ ਜ਼ਮੀਨ ਦਾ ਪ੍ਰਬੰਧ ਤੇ ਕੰਟਰੋਲ ਗ੍ਰਾਮ ਪੰਚਾਇਤ ਦਾ ਹੋਵੇਗਾ। ਸੂਬੇ ਵਿੱਚ ਪਰਾਲੀ ਫੂਕਣ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਅਤੇ ਢੁਕਵੇਂ ਨਿਬੇੜੇ ਲਈ ਕੈਬਨਿਟ ਨੇ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਅਤੇ ਡਿਟੇਲਡ ਸਕੀਮਜ਼ ਐਂਡ ਅਪਰੇਸ਼ਨਲ ਗਾਈਡਲਾਈਨਜ਼-2018 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤਹਿਤ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਲਾਉਣ ਵਾਸਤੇ ਸਟੈਂਡਅਲੋਨ ਬਾਇਓ-ਇਥਾਨੌਲ ਇਕਾਈਆਂ ਲਈ ਬਾਇਓ ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਿੱਤੀਆਂ ਗਈਆਂ ਹਨ। ਇਸ ਸੋਧ ਮਗਰੋਂ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਨਾ ਲਾਉਣ ਵਾਲਿਆਂ ਨੂੰ 50 ਫੀਸਦੀ ਘੱਟ ਰਿਆਇਤਾਂ ਮਿਲਣਗੀਆਂ। ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਪਰਾਲੀ ਫੂਕਣ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ।