ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਲਿਆ ਵੱਡਾ ਫ਼ੈਸਲਾ

in #delhi2 years ago

ਪੰਜਾਬ ਸਰਕਾਰ ਨੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ ਕੀਤਾ ਹੈ ਅਤੇ ਪਰਾਲੀ ਜਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਤੋਂ ਪਾਣੀ, ਮਿੱਟੀ ਅਤੇ ਵਾਤਾਵਰਣ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜ਼ਿਲ੍ਹਾ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਰਾਲੀ ਜਲਾਉਣ ਨੂੰ ਰੋਕਣ ਲਈ ਬਲਿਊਪ੍ਰਿੰਟ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਰਾਲੀ ਜਲਾਉਣ ਨੂੰ ਰੋਕਣਾ ਸੂਬੇ ਲਈ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਹੋਣ ਵਾਲੇ ਪ੍ਰਦੂਸ਼ਣ ਦਾ ਮੁੱਦਾ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਉਜਾਗਰ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੀ ਬਦਨਾਮੀ ਹੋ ਰਹੀ ਹੈ। ਝੋਨੇ ਦੀ ਪਰਾਲੀ ਜਲਾਉਣ ਤੋਂ ਰੋਕਣ ਅਤੇ ਇਸ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ’ਤੇ ਖੇਤੀ ਸੰਦ ਮੁਹੱਈਆ ਕਰਵਾਉਣ, ਜਾਗਰੂਕਤਾ ਮੁਹਿੰਮ ਚਲਾਉਣ ਅਤੇ ਕੁਝ ਨਵੇਂ ਵਿਗਿਆਨਕ ਤਰੀਕਿਆਂ, ਜਿਵੇਂ ਡੀਕੰਪੋਜ਼ਰ ਸਪਰੇਅ ਵਰਗੇ ਕਈ ਠੋਸ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਧਾਲੀਵਾਲ ਨੇ ਅੱਜ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰਫ਼ ਕਾਗਜ਼ੀ ਖ਼ਾਨਾਪੂਰਤੀ ਕਰਨ ਦੀ ਬਜਾਏ ਜ਼ਮੀਨੀ ਪੱਧਰ ਉੱਤੇ ਅਮਲੀ ਤੌਰ ’ਤੇ ਕੰਮ ਕਰਨ ਦਾ ਸੱਦਾ ਦਿੱਤਾ।