ਪਰਾਲੀ ਸਾੜਨ ’ਤੇ ਰੋਕ ਲਗਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਕੁਲਦੀਪ ਧਾਲੀਵਾਲ

in #delhi2 years ago

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਵਾਢੀ ਦੇ ਆਗਾਮੀ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕੇਗੀ। ਲੁਧਿਆਣਾ ’ਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਪਰਾਲੀ ਦੇ ਪ੍ਰਬੰਧਨ ਲਈ ਕਮਰ ਕੱਸ ਲਈ ਹੈ ਅਤੇ ਇਸ ਸੀਜ਼ਨ ’ਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ 56,000 ਮਸ਼ੀਨਾਂ ਵੰਡੀਆਂ ਜਾਣਗੀਆਂ, ਜਿਸ ਨਾਲ ਮਸ਼ੀਨਾਂ ਦੀ ਕੁੱਲ ਗਿਣਤੀ 146422 ਹੋ ਜਾਵੇਗੀ ਕਿਉਂਕਿ ਪਹਿਲਾਂ ਹੀ 2018-2022 ਤੱਕ ਕਿਸਾਨਾਂ ਨੂੰ 90422 ਮਸ਼ੀਨਾਂ ਵੰਡੀਆਂ ਜਾ ਚੁੱਕੀਆਂ ਹਨ। ਇਸ ਸਾਲ ਮਸ਼ੀਨਾਂ ਦੀ ਵੰਡ ਦੇ ਪ੍ਰੋਗਰਾਮ ’ਚ ਨਵੀਂ ਪਹਿਲ ਦਾ ਜ਼ਿਕਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਹੁਣ ਛੋਟੇ ਕਿਸਾਨਾਂ ਨੂੰ ਵੀ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਡਰਿੱਲ ਵਰਗੀਆਂ ਮਸ਼ੀਨਾਂ ਮਿਲਣਗੀਆਂ ਕਿਉਂਕਿ ਅਜਿਹੀਆਂ 500 ਮਸ਼ੀਨਾਂ ਸੂਬੇ ਦੇ 154 ਬਲਾਕਾਂ ’ਚ ਭੇਜੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 15 ਸਤੰਬਰ ਤੋਂ ਬਾਅਦ ਉਨ੍ਹਾਂ ਸਮੇਤ ਖੇਤੀਬਾੜੀ ਵਿਭਾਗ ਦੇ ਦਰਜਾਚਾਰ ਮੁਲਾਜ਼ਮਾਂ ਤੋਂ ਲੈ ਕੇ ਡਾਇਰੈਕਟਰ ਰੈਂਕ ਤੱਕ ਦੇ ਅਧਿਕਾਰੀ ਫੀਲਡ ’ਚ ਹੀ ਰਹਿਣਗੇ ਅਤੇ ਘਰ-ਘਰ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਪ੍ਰਤੀ ਜਾਗਰੂਕ ਕਰਨਗੇ।