ਪੰਜਾਬੀ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੁਲਤਾਰ ਸਿੰਘ ਸੰਧਵਾਂ ਨੇ ਸੱਦੀ ਮੀਟਿੰਗ

in #newslast year

ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਦੇ ਵੱਲੋਂ ਵਿਧਾਨ ਸਭਾ ਵਿੱਚ ਪੰਜਾਬੀ ਬੋਲੀ ਦੇ ਪ੍ਰਚਾਰ ਦੇ ਲਈ ਇੱਕ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੇ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਇਲਾਵਾ ਪੰਜਾਬ ਦੇ ਕਈ ਵਿਧਾਇਕ ਅਤੇ ਕਈ ਸਿੱਖਿਆ ਸ਼ਾਸਤਰੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੀਟਿੰਗ ਤੋਂ ਬਾਅਦ 'ਨਿਊਜ਼ 18 ਦੇ ਨਾਲ ਗੱਲਬਾਤ ਦੇ ਦੌਰਾਨ ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਸਾਨੂੰ ਬਹੁਤ ਸਾਰੇ ਸੁਝਾਅ ਅਤੇ ਵਿਚਾਰ ਮਿਲੇ ਹਨ ਜਿਨ੍ਹਾਂ ਉੱਤੇ ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਪੰਜਾਬ ਸਰਕਾਰ ਸੂਬੇ ਦੇ ਨਿੱਜੀ ਸਕੂਲਾਂ ਦੇ ਵਿੱਚ ਨਰਸਰੀ ਤੋਂ ਪੰਜਾਬੀ ਲਾਗੂ ਕਰਨ ਲਈ ਵੀ ਪਹਿਲਕਦਮੀ ਕਰਨ ਜਾ ਰਹੀ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਅਤੇ ਜ਼ਿਲ੍ਹਾ ਅਦਾਲਤਾਂ ਦੇ ਵਿੱਚ ਪੰਜਾਬੀ ਵਿੱਚ ਹੁਕਮ ਹੋਣੇ ਚਾਹੀਦੇ ਹਨ।ਜਿਸ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ।ਸੰਧਵਾਂ ਨੇ ਭਰੋਸਾ ਦਿੱਤਾ ਕਿ ਇਸ ਦੇ ਲਈ ਜਿੱਥੇ ਲੋੜ ਪਈ ਉਹ ਕੇਂਦਰ ਸਰਕਾਰ ਨੂੰ ਵੀ ਇਸ ਸਬੰਧੀ ਲਿਖ ਕੇ ਭੇਜਣਗੇ ਅਤੇ ਪੰਜਾਬ ਦੇ ਰਾਜਪਾਲ ਨੂੰ ਵੀ ਇਸ ਸਬੰਧੀ ਲਿਖਾਂਗੇ।ਸੰਧਵਾਂ ਨੇ ਕਿਹਾ ਕਿ ਤੁਸੀਂ ਗੁਜਰਾਤ, ਰਾਜਸਥਾਨ ਜਾਂ ਦੇਸ਼ ਦੇ ਹੋਰ ਸੂਬਿਆਂ ਦੇ ਵਿੱਚ ਚਲੇ ਜਾਓ, ਸਥਾਨਕ ਭਾਸ਼ਾ ਨੂੰ ਹੀ ਪਹਿਲ ਦਿੱਤੀ ਜਾਂਦੀ ਹੈ। ਇਸ ਲਈ ਪੰਜਾਬ ਦੇ ਵਿੱਚ ਵੀ ਅਜਿਹਾ ਹੀ ਹੋਣਾ ਚਾਹੀਦਾ ਹੈ।