ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਪੰਜਾਬ ਲਈ ਖਾਸ ਰਣਨੀਤੀ

in #punjab2 years ago

ਆਗਾਮੀ ਲੋਕ ਸਭਾ ਚੋਣਾਂ 2024 (Lok Sabha Election 2024) ਦੇ ਮੱਦੇਨਜ਼ਰ ਭਾਜਪਾ ਨੇ ਪੰਜਾਬ ਵਿਚ ਆਪਣੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਵਿਚ ਭਾਜਪਾ ਨੇ ਪੰਜਾਬ ਦੇ 13 ਸੰਸਦੀ ਹਲਕਿਆਂ ਵਿਚ ਨਸ਼ਾ ਮੁਕਤੀ ਯਾਤਰਾ (Nasha Mukti Yatra) ਕੱਢਣ ਦੀ ਯੋਜਨਾ ਤਿਆਰ ਕੀਤੀ ਹੈ।

ਇਹ ਯਾਤਰਾ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘੇਗੀ। ਗ੍ਰਹਿ ਮੰਤਰੀ ਅਮਿਤ ਸ਼ਾਹ ਅਗਲੇ ਮਹੀਨੇ ਅੰਮ੍ਰਿਤਸਰ ਦਾ ਦੌਰਾ ਕਰਨ ਜਾ ਰਹੇ ਹਨ, ਜਿੱਥੋਂ ਉਹ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਨਗੇ। ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੇ ਪਾਰਟੀ ਦੀ ਖੇਤਰੀ ਮੀਟਿੰਗ ਤੋਂ ਬਾਅਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਵਿਜੇ ਰੂਪਾਨੀ ਨੇ ਕਿਹਾ, “ਭਾਜਪਾ ਪੰਜਾਬ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵਿਚ ਹੈ ਅਤੇ ਮੁੱਦਿਆਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।” ਪੰਜਾਬ ਦੇ ਮੌਜੂਦਾ ਹਾਲਾਤਾਂ ਉਤੇ ਚਿੰਤਾ ਪ੍ਰਗਟ ਕਰਦੇ ਹੋਏ ਰੁਪਾਨੀ ਨੇ ਕਿਹਾ ਹੈ ਕਿ ਸੂਬਾ ਗੰਭੀਰਤਾ ਦੇ ਸਿਖਰ 'ਤੇ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਸਿਰਫ਼ ਭਾਜਪਾ ਤੋਂ ਉਮੀਦਾਂ ਹਨ।

ਜ਼ਾਹਿਰ ਹੈ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਨਸ਼ਿਆਂ ਵਿਰੁੱਧ ਜੰਗ ਦਾ ਸੱਦਾ ਦੇ ਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਤਾਂ ਕੀਤਾ ਹੀ ਹੈ ਪਰ ਹੁਣ ਭਾਜਪਾ ਵੀ ਇਸ ਨੂੰ ਵੱਡਾ ਮੁੱਦਾ ਬਣਾ ਕੇ ਬਾਜ਼ੀ ਮਾਰਨ ਦੀ ਤਾਕ ਵਿਚ ਹੈ।

ਭਾਜਪਾ ਅਹੁਦੇਦਾਰਾਂ ਮੁਤਾਬਕ ਇਹ ਯਾਤਰਾ ਕਰੀਬ 18 ਦਿਨਾਂ ਤੱਕ ਚੱਲੇਗੀ। ਇਸ ਦੌਰਾਨ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਉਨ੍ਹਾਂ ਨਾਲ ਸਮਾਂ ਬਿਤਾਉਣ ਤੋਂ ਬਾਅਦ ਉਨ੍ਹਾਂ ਦੀਆਂ ਹੋਰ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਲੈਣਗੇ। ਇਸ ਦੌਰੇ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੀ ਸ਼ਾਮਲ ਹੋਣਗੇ।

ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋੜਨ ਤੋਂ ਬਾਅਦ ਭਾਜਪਾ ਪੰਜਾਬ ਵਿਚ ਪਹਿਲੀ ਵਾਰ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨ ਜਾ ਰਹੀ ਹੈ। ਪਿਛਲੇ ਸਾਲ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਥਲ-ਪੁਥਲ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਕਾਂਗਰਸੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਇਨ੍ਹਾਂ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਰਾਜਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ, ਰਾਣਾ ਗੁਰਮੀਤ ਸੋਢੀ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਸ਼ਾਮਲ ਹਨ, ਜੋ ਹੁਣ ਪਾਰਟੀ ਨਾਲ ਚੋਣ ਰਣਨੀਤੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।