ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਵਿਚ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਮਾਰਚ ਤੇ ਧਰਨੇ

in #punjab2 years ago

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ 12 ਸਤੰਬਰ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਉਤੇ ਰੋਸ ਮਾਰਚ ਤੇ ਧਰਨੇ ਦਿੱਤੇ ਜਾਣਗੇ। ਇਸ ਦੌਰਾਨ ਪ੍ਰਦਰਸ਼ਨਕਾਰੀ ਕਾਲੇ ਚੋਲੇ ਅਤੇ ਗਲ਼ ਵਿੱਚ ਲੋਹੇ ਦੀਆਂ ਜ਼ੰਜੀਰਾਂ ਪਾ ਕੇ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਨਗੇ।

ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇੱਥੇ ਇਹ ਰੋਸ ਮਾਰਚ ਸਵੇਰੇ 9.30 ਵਜੇ ਗੁਰਦੁਆਰਾ ਸਾਰਾਗੜ੍ਹੀ ਤੋਂ ਦੋ ਪਹੀਆ ਵਾਹਨਾਂ ’ਤੇ ਆਰੰਭ ਹੋਵੇਗਾ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ।
SAD.jpg

ਉਨ੍ਹਾਂ ਦੱਸਿਆ ਕਿ ਮਾਰਚ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਕਾਲੇ ਚੋਲੇ ਅਤੇ ਲੋਹੇ ਦੀਆਂ ਜ਼ੰਜੀਰਾਂ ਪਾ ਕੇ ਇਹ ਦਿਖਾਉਣ ਦਾ ਯਤਨ ਕੀਤਾ ਜਾਵੇਗਾ ਕਿ ਦੇਸ਼ ਵਿੱਚ ਸਿੱਖ ਅਜੇ ਵੀ ਗੁਲਾਮ ਹਨ ਅਤੇ ਇਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੈ। ਉਨ੍ਹਾਂ ਦੱਸਿਆ ਕਿ ਰੋਸ ਮਾਰਚ ਅੰਮ੍ਰਿਤਸਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੁੱਜੇਗਾ, ਜਿੱਥੇ ਸਵੇਰ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਤਿੰਨ ਘੰਟੇ ਲਈ ਰੋਸ ਧਰਨਾ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਬਾਕੀ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸ਼ਿਰਕਤ ਕਰਨਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਖਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾ ਵੱਲੋਂ ਲੰਮੇ ਸਮੇਂ ਤੋਂ ਜੱਦੋ ਜਹਿਦ ਕੀਤੀ ਜਾ ਰਹੀ ਹੈ। ਇਸ ਸਬੰਧੀ ਕਈ ਵਾਰ ਸਰਕਾਰਾਂ ਕੋਲੋਂ ਮੰਗ ਵੀ ਕੀਤੀ ਜਾ ਚੁੱਕੀ ਹੈ ਪਰ ਕੋਈ ਸੁਣਵਾਈ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਸਿੱਖ ਦੋ ਤੋਂ ਤਿੰਨ ਦਹਾਕਿਆਂ ਤੋਂ ਬੰਦ ਹਨ ਅਤੇ ਉਨ੍ਹਾਂ ਦੀਆਂ ਨਿਰਧਾਰਤ ਸਜ਼ਾਵਾਂ ਦੀ ਮਿਆਦ ਵੀ ਪੂਰੀ ਹੋ ਚੁੱਕੀ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।