ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਸਿਹਤ ਦਾ ਹਾਲ ਜਾਣਿਆ

in #punjab2 years ago

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਲੁਧਿਆਣਾ ਸਥਿਤ ਡੀਐਮਸੀ ਹਸਪਤਾਲ ਵਿਚ ਦਾਖ਼ਲ ਬਾਪੂ ਸੂਰਤ ਸਿੰਘ ਨੂੰ ਮਿਲਣ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਨਾਲ ਨਿਆਂ ਨਹੀਂ ਕੀਤਾ ਜਾ ਰਿਹਾ, ਜਿਸ ਨੂੰ ਲੈ ਕੇ ਬਾਪੂ ਸੂਰਤ ਸਿੰਘ ਬਜ਼ੁਰਗ ਅਵਸਥਾ ਵਿਚ ਹੁੰਦਿਆਂ ਵੀ ਨਿਆਂ ਲਈ ਜੰਗ ਲੜ ਰਹੇ ਹਨ। ਉਨ੍ਹਾਂ ਬਾਪੂ ਸੂਰਤ ਸਿੰਘ ਦੀ ਦ੍ਰਿੜ੍ਹਤਾ, ਸਿਦਕ ਅਤੇ ਹਿੰਮਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਸੰਘਰਸ਼ ਦੀ ਪ੍ਰੋੜਤਾ ਕਰਦੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਯਤਨਾਂ ਨੂੰ ਜਾਰੀ ਰੱਖਣ ਦੀ ਵਚਨਬੱਧਤਾ ਵੀ ਪ੍ਰਗਟਾਉਂਦੀ ਹੈ।