ਮਾਨ ਸਰਕਾਰ ਨੇ 25 ਹੋਰ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ

in #punjab2 years ago

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਸਿਹਤ ਸਹੂਲਤਾਂ ਦੇ ਮੱਦੇਨਜ਼ਰ 25 ਹੋਰ ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਲਈ ਲੋਕਾਂ ਦੇ ਸਪੁਰਦ ਕਰ ਦਿੱਤੇ। ਆਜ਼ਾਦੀ ਦਿਹਾੜੇ ਉਤੇ ਪੰਜਾਬ ਸਰਕਾਰ ਨੇ 75 ਆਮ ਆਦਮੀ ਕਲੀਨਿਕ ਲੋਕਾਂ ਦੇ ਹਵਾਲੇ ਕੀਤੇ। ਇਸ ਮਗਰੋਂ ਅੱਜ 25 ਹੋਰ ਮੁਹੱਲਾ ਕਲੀਨਿਕ ਸਿਹਤ ਸੇਵਾਵਾਂ ਲਈ ਖੋਲ੍ਹ ਦਿੱਤੇ ਗਏ ਹਨ।ਇਸ ਦੀ ਜਾਣਕਾਰੀ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣ ਕੇ ਤਿਆਰ ਹਨ, ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ ਵਿੱਚ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸਹੂਲਤਾਂ ਦੇਣਗੇ। ਉਨ੍ਹਾਂ ਨੇ ਅੱਗੇ ਲਿਖਿਆ ਕਿ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੰਜਾਬ ਵਿੱਚ ਸਿਹਤ ਕ੍ਰਾਂਤੀ ਜਾਰੀ ਹੈ।ਕਾਬਿਲੇਗੌਰ ਹੈ ਕਿ ਆਜ਼ਾਦੀ ਦਿਹਾੜੇ ਉਤੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਇਹ ਕਲੀਨਿਕ ਸੂਬੇ ਵਿਚ ਹਰ ਪਾਸੇ ਖੋਲ੍ਹੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵੱਡੇ ਪਿੰਡਾਂ ਵਿਚ ਅਜਿਹੇ ਦੋ-ਦੋ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਕਲੀਨਿਕ ਸੂਬਾ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ। ਮੁੱਖ ਮੰਤਰੀ ਨੇ ਕਿਹਾ ਸੀ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਅਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ।