‘ਆਪ’ ਦੀ ਹਾਲਤ ਖ਼ਰਾਬ, ਵਿਧਾਇਕਾਂ ਦੀ ਆਜ਼ਾਦੀ ਤੋਂ ਵੀ ਡਰ ਰਹੇ ਹਨ ਵੜਿੰਗ

in #punjab2 years ago

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਦਲਾਅ ਲਿਆਉਣ ਲਈ ਜ਼ਮੀਨੀ ਪੱਧਰ ’ਤੇ ਕੁਝ ਨਹੀਂ ਕੀਤਾ। ‘ਆਪ’ ਸਰਕਾਰ ਕਾਨੂੰਨ ਵਿਵਸਥਾ, ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਸਰਕਾਰ ਦੀ ਲਾਪਰਵਾਹੀ ਕਾਰਨ, ਅੰਤਰਰਾਸ਼ਟਰੀ ਪ੍ਰਸਿੱਧੀ ਵਾਲੇ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਤੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਅੱਤਵਾਦੀ ਹਮਲਾ ਹੋਇਆ ਸੀ। ਉਨ੍ਹਾਂ ਅੱਗੇ ਕਿਹਾ ਕਿ ਕਤਲ, ਡਕੈਤੀ, ਲੁੱਟ-ਖੋਹ ਤੇ ਕਾਰ ਖੋਹਣ ਵਰਗੀਆਂ ਘਟਨਾਵਾਂ ਰੋਜ਼ਾਨਾ ਦੀਆਂ ਗੱਲਾਂ ਬਣ ਗਈਆਂ ਹਨ ਕਿਉਂਕਿ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ ਹੈ17_09_2022-17_raja_sarb.jpg
ਵੜਿੰਗ ਨੇ ਆਪਣੀ ਗੱਲ ਰੱਖਦਿਆਂ ਅੱਗੇ ਕਿਹਾ ਕਿ ਇਸ ਸਰਕਾਰ ਦੀ ਕਾਰਗੁਜ਼ਾਰੀ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਪੰਜਾਬ ਦੀ ਸੱਤਾ ਵਿਚ ਆਉਣ ਦੇ 6 ਮਹੀਨਿਆਂ ਦੇ ਅੰਦਰ ਹੀ ‘ਆਪ’ ਨੂੰ ਆਪਣੇ ਵਿਧਾਇਕਾਂ ਨੂੰ ਲੁਕਾਉਣਾ ਪੈ ਰਿਹਾ ਹੈ। ਇਸ ਦਾ ਮਤਲਬ ਹੈ ਕਿ ਉਨ੍ਹਾਂ ਦੇ ਵਿਧਾਇਕ ਖੁਸ਼ ਤੇ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਜਦੋਂ ਵਿਸ਼ੇਸ਼ ਅਧਿਕਾਰਾਂ ਵਾਲੇ ਵਿਧਾਇਕ ਹੀ ਸੰਤੁਸ਼ਟ ਮਹਿਸੂਸ ਨਹੀਂ ਕਰ ਰਹੇ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ? ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਇਸ ਦੀਆਂ ਦੋ ਵੱਡੀਆਂ ਸਕੀਮਾਂ, ਘਰ ਘਰ ਰਾਸ਼ਨ ਦੀ ਮੁਫ਼ਤ ਡਿਲੀਵਰੀ ਤੇ ਦੂਜੀ ਰੇਤ ਦੀ ਮਾਈਨਿੰਗ ਨੀਤੀ ’ਤੇ ਹਾਈ ਕੋਰਟ ਨੇ ਰੋਕ ਲਾ ਦਿੱਤੀ ਹੈ। ਆਬਕਾਰੀ ਨੀਤੀ ਪਹਿਲਾਂ ਹੀ ਜਾਂਚ ਏਜੰਸੀਆਂ ਦੇ ਘੇਰੇ ਵਿਚ ਹੈ ਤੇ ਇਨ੍ਹਾਂ ’ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗ ਰਹੇ ਹਨ। ਵੜਿੰਗ ਨੇ ਕਿਹਾ ਕਿ ਉਨ੍ਹਾਂ ਦੇ ਇਕ ਮੰਤਰੀ ਨੂੰ ਹਟਾ ਦਿੱਤਾ ਗਿਆ ਹੈ ਤੇ ਜੇਲ੍ਹ ਭੇਜ ਦਿੱਤਾ ਗਿਆ ਹੈ ਜਦਕਿ ਦੂਜਾ ਉਸੇ ਰਾਹ ’ਤੇ ਚੱਲ ਰਿਹਾ ਹੈ ਤੇ ਇਹ ‘ਇਮਾਨਦਾਰੀ’ ਬਾਰੇ ਇਨ੍ਹਾਂ ਦੇ ਦਾਅਵਿਆਂ ਦਾ ਪਰਦਾਫਾਸ਼ ਕਰਦਾ ਹੈ।