ਬੇਅਦਬੀ ਤੇ ਗੋਲੀ ਕਾਂਡ 'ਚ ਸੁਖਬੀਰ ਬਾਦਲ 'ਤੇ ਸ਼ਿਕੰਜੇ ਦੀ ਤਿਆਰੀ

in #punjab2 years ago

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬੇਅਦਬੀ ਤੇ ਗੋਲੀ ਕਾਂਡ ਮਾਮਲੇ ਵਿੱਚ ਘਿਰ ਸਕਦੇ ਹਨ। ਭਗਵੰਤ ਮਾਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰਦਿਆਂ ਜਲਦ ਤੋਂ ਜਲਦ ਕਾਰਵਾਈ ਦੇ ਸੰਕੇਤ ਦਿੱਤੇ ਹਨ। ਇਸ ਤਹਿਤ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਬਾਦਲ ਨੂੰ ਆਦੇਸ਼ ਦਿੱਤੇ ਹਨ ਕਿ ਉਹ ਕੇਸ ’ਚ ਪੁੱਛ ਪੜਤਾਲ ਲਈ 30 ਅਗਸਤ ਨੂੰ ਸਵੇਰੇ 10.30 ਵਜੇ ਪੰਜਾਬ ਪੁਲਿਸ ਭਵਨ ਸੈਕਟਰ-32 ਵਿੱਚ ਹਾਜ਼ਰ ਹੋਣ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਸੁਖਬੀਰ ਬਾਦਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸੁਖਬੀਰ ਬਾਦਲ ’ਤੇ ਬੇਅਦਬੀ ਤੇ ਗੋਲੀ ਕਾਂਡ ਦੇ ਮੁਲਜ਼ਮਾਂ ਦੀ ਕਥਿਤ ਸਰਪ੍ਰਸਤੀ ਕਰਨ ਦੇ ਦੋਸ਼ ਲਗਾਏ ਹਨ। ਅਹਿਮ ਗੱਲ਼ ਹੈ ਕਿ ਇੱਕ ਪਾਸੇ ਪੰਜਾਬ ਸਰਕਾਰ ਸੁਖਬੀਰ ਬਾਦਲ ’ਤੇ ਸ਼ਿਕੰਜਾ ਕੱਸਣ ਜਾ ਰਹੀ ਹੈ ਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਇਲਜ਼ਾਮਾਂ ਦੀ ਝੜੀ ਲਾ ਦਿੱਤੀ ਹੈ।