ਮੰਡੀਆਂ 'ਚੋਂ ਅਨਾਜ ਢੋਹਣ ਲਈ ਸਕੂਟਰ-ਮੋਟਰਸਾਈਕਲ ਤੇ ਕਾਰਾਂ ਦੇ ਨੰਬਰਾਂ 'ਤੇ ਹੋਏ ਟੈਂਡਰ ਅਲਾਟ

in #punjab2 years ago

ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਨ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਲਈ ਲੇਬਰ, ਕਾਰਟੇਜ ਤੇ ਟਰਾਂਸਪੋਰਟੇਸ਼ਨ ਟੈਂਡਰ ਮਨਜ਼ੂਰ ਕਰਨ ਦੇ ਅਮਲ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਦੇ ਨਾਲ-ਨਾਲ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੇ ਸਬੰਧਤ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਕੇਸ ਸਬੰਧੀ ਮੁਲਜ਼ਮ ਤੇਲੂ ਰਾਮ ਵਾਸੀ ਪਿੰਡ ਊਧਨਵਾਲ, ਐਸਬੀਐਸ ਨਗਰ ਨੂੰ ਵਿਜੀਲੈਂਸ ਬਿਉਰੋ ਰੇਂਜ ਲੁਧਿਆਣਾ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਪਤ ਸ਼ਿਕਾਇਤ ਨੰਬਰ 72/2022 ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਉਪਰੰਤ ਉਪਰੋਕਤ ਪ੍ਰਾਈਵੇਟ ਫਰਮ ਦੇ ਮਾਲਕਾਂ ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ ਤੋਂ ਇਲਾਵਾ ਸਰਕਾਰੀ ਅਧਿਕਾਰੀਆਂ ਦੇ ਖਿਲਾਫ ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਐਫਆਈਆਰ ਨੰਬਰ 11 ਮਿਤੀ 16-08-2022 ਨੂੰ ਲੁਧਿਆਣਾ ਵਿਖੇ ਦਰਜ ਕੀਤੀ ਗਈ ਹੈ।