ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨਿੱਜੀ ਮੁਫਾਦ ਲਈ ਸਾਡੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ

in #punjab2 years ago

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਰਸੂਖਦਾਰ ਸਿਆਸੀ ਪਰਿਵਾਰਾਂ ਦੇ ਨਿੱਜੀ ਮੁਫਾਦ ਹੋਣ ਕਰਕੇ ਸੂਬਾ ਵਿਕਾਸ ਪੱਖੋਂ ਪੱਛੜ ਗਿਆ ਅਤੇ ਸਾਡੇ ਨੌਜਵਾਨਾਂ ਕੋਲੋਂ ਰੁਜ਼ਗਾਰ ਦੇ ਮੌਕੇ ਖੁੱਸ ਗਏ।

ਅੱਜ ਇੱਥੇ ਮਿਊਂਸਪਲ ਭਵਨ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਵਿਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਪਣੇ ਸੰਬਧੋਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਪਰਿਵਾਰਾਂ ਨੇ ਨਿੱਜੀ ਹਿੱਤ ਪਾਲਣ ਲਈ ਸਾਡੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰ ਨੇ ਆਪਣੇ ਨਿੱਜੀ ਫਾਇਦਿਆਂ ਲਈ ਸੂਬੇ ਦੇ ਹਿੱਤ ਦਾਅ ਉਤੇ ਲਾਉਣ ਤੋਂ ਵੀ ਗੁਰੇਜ਼ ਨਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਪੰਜਾਬ ਅਤੇ ਸਾਡੇ ਨੌਜਵਾਨਾਂ ਨਾਲ ਧ੍ਰੋਹ ਕਮਾਇਆ ਹੈ ਜਿਸ ਕਰਕੇ ਹੀ ਇਨ੍ਹਾਂ ਨੂੰ ਬਾਹਰ ਦਾ ਰਾਹ ਦੇਖਣਾ ਪਿਆ।