ਸਿਹਤ ਵਿਭਾਗ ਨੇ ਡੇਂਗੂ ਜਾਗਰੂਕਤਾ ਰੈਲੀ ਕੱਢੀ

in #punjab2 years ago

ਸੀਨੀਅਰ ਮੈਡੀਕਲ ਅਫ਼ਸਰ ਡਾ. ਲਹਿੰਬਰ ਰਾਮ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਡੇਂਗੂ ਜਾਗਰੂਕਤਾ ਰੈਲੀ ਦਾ ਆਯੋਜਨ ਪਿੰਡ ਖਵਾਸਪੁਰ ਵਿਖੇ ਕੀਤਾ ਗਿਆ।...
ਸੀਨੀਅਰ ਮੈਡੀਕਲ ਅਫ਼ਸਰ ਡਾ. ਲਹਿੰਬਰ ਰਾਮ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਡੇਂਗੂ ਜਾਗਰੂਕਤਾ ਰੈਲੀ ਦਾ ਆਯੋਜਨ ਪਿੰਡ ਖਵਾਸਪੁਰ ਵਿਖੇ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੈਲਥ ਇੰਸਪੈਕਟਰ ਜੋਗਿੰਦਰ ਸਿੰਘ, ਜਗਵੰਤ ਸਿੰਘ ਆਦਿ ਨੇ ਦੱਸਿਆ ਕਿ ਡੇਂਗੂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਲੋਕਾਂ 'ਚ ਜਾਗਰੂਕਤਾ ਲਿਆਉਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਖਵਾਸਪੁਰ ਦੇ ਬੱਚਿਆਂ ਦੇ ਸਹਿਯੋਗ ਨਾਲ ਪਿੰਡ ਦੀਆਂ ਵੱਖ-ਵੱਖ ਗਲੀਆਂ, ਬਾਜ਼ਾਰਾਂ 'ਚ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ।

ਸਿਹਤ ਕਰਮਚਾਰੀਆਂ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਡੇਂਗੂ ਤੇ ਚਿਕਨਗੁਨੀਆ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਦੇ ਮੁੱਖ ਲੱਛਣਾਂ 'ਚ ਤੇਜ਼ ਬੁਖ਼ਾਰ, ਸਿਰ ਦਰਦ, ਜੋੜਾਂ 'ਚ ਦਰਦ, ਚਮੜੀ ਦੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਮਸੂੜਿਆਂ ਤੇ ਨੱਕ 'ਚੋਂ ਖੂਨ ਵਗਣਾ ਆਦਿ ਹਨ। ਉਨ੍ਹਾਂ ਦੱਸਿਆ ਕਿ ਇਹ ਮੱਛਰ ਸਾਫ਼ ਪਾਣੀ 'ਚ ਪੈਦਾ ਹੁੰਦਾ ਹੈ ਇਸ ਲਈ ਇਸ ਤੋਂ ਬਚਣ ਲਈ ਜਿਨ੍ਹਾਂ ਸੰਭਵ ਹੋਵੇ ਪਾਣੀ ਨੂੰ ਆਪਣੇ ਆਲੇ-ਦੁਆਲੇ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਜਿਵੇਂ ਖਾਲੀ ਭਾਂਡੇ, ਗਮਲੇ, ਟਾਇਰ, ਕੂਲਰ ਆਦਿ 'ਚ ਪਾਣੀ ਜਮਾਂ੍ਹ ਹੋਣ ਤੋਂ ਰੋਕਣਾ ਜ਼ਰੂਰੀ ਹੈ। ਇਸ ਲਈ ਕੂਲਰਾਂ ਅਤੇ ਗਮਲਿਆਂ, ਫਰਿਜ਼ ਦੀਆਂ ਟਰੇਆਂ ਆਦਿ 'ਚ ਖੜ੍ਹੇ ਪਾਣੀ ਨੂੰ ਹਫ਼ਤੇ 'ਚ ਇਕ ਵਾਰ ਜ਼ਰੂਰ ਸਾਫ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ, ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ 'ਚ ਬੁਖ਼ਾਰ ਦੇ ਸ਼ੱਕੀ ਮਰੀਜ਼ਾਂ ਦੀਆਂ ਬਲੱਡ ਸਲਾਈਡਾਂ ਵੀ ਬਣਾਈਆਂ ਗਈਆਂ। ਇਸ ਮੌਕੇ ਸਿਹਤ ਵਿਭਾਗ ਹੈਲਥ ਵਰਕਰ ਬਲਵਿੰਦਰ ਸਿੰਘ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

21_05_2022-21tar_23_21052022_643-c-2_m.jpg