ਕੇਂਦਰ ਵੱਲੋਂ ਨਿਯੁਕਤ ਰਾਜਪਾਲ ਭਗਵਾ ਪਾਰਟੀ ਦੇ ਸਟਾਰ ਪ੍ਰਚਾਰਕ ਵਜੋਂ ਕੰਮ ਕਰ ਰਹੇ ਹਨ: ਮਾਨ

in #punjab2 years ago

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੁਝ ਫੁੱਟਪਾਊ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਅਤੇ ਵਿਕਾਸ ਨੂੰ ਲੀਹੋਂ ਲਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀਆਂ ਹਨ ਪਰ ਅਜਿਹੇ ਲੋਕਾਂ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ।

ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਨਿਯੁਕਤ ਰਾਜਪਾਲ ਸਬੰਧਤ ਸੂਬਿਆਂ ਵਿੱਚ ਭਗਵਾ ਪਾਰਟੀ ਦੇ ਸਟਾਰ ਪ੍ਰਚਾਰਕ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਚੁਣੀਆਂ ਹੋਈਆਂ ਸਰਕਾਰਾਂ ਨੂੰ ‘ਤਾਨਸ਼ਾਹੀ ਢੰਗ ਨਾਲ ਹੁਕਮ ਚਾੜ੍ਹਨ’ ਲਈ ਰਾਜ ਭਵਨ ਭਾਜਪਾ ਦੇ ਮੁੱਖ ਦਫ਼ਤਰ ਬਣ ਗਏ ਹਨ। ਭਗਵੰਤ ਮਾਨ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਲੋਕਤੰਤਰ ਵਿੱਚ ਕੇਂਦਰ ਵੱਲੋਂ ਨਿਯੁਕਤ ਕੀਤੇ ਵਿਅਕਤੀ ਨਹੀਂ ਸਗੋਂ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਹੀ ਸਰਵਉਚ ਹੁੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਰਵਾਇਤੀ ਪਾਰਟੀਆਂ ਫੁੱਟ ਪਾਊ ਏਜੰਡੇ ਤਹਿਤ ਵੋਟਾਂ ਮੰਗਦੀਆਂ ਸਨ। ਉਨ੍ਹਾਂ ਕਿਹਾ ਕਿ ਸਿਆਸੀ ਖੇਤਰ ਵਿਚ 'ਆਪ' ਦੇ ਦਾਖਲੇ ਤੋਂ ਬਾਅਦ ਰਾਜਨੀਤਿਕ ਪ੍ਰਣਾਲੀ ਵਿੱਚ ਵਰਨਣਯੋਗ ਬਦਲਾਅ ਦੇਖਿਆ ਗਿਆ ਹੈ, ਜਿਸ ਨੇ ਰਵਾਇਤੀ ਪਾਰਟੀਆਂ ਨੂੰ ਆਪਣਾ ਏਜੰਡਾ ਮੁੜ ਤੈਅ ਕਰਨ ਲਈ ਮਜਬੂਰ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੇ ਯਤਨਾਂ ਸਦਕਾ ਪਹਿਲੀ ਵਾਰ ਏਜੰਡਾ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ’ਤੇ ਆਧਾਰਿਤ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ 'ਆਪ' ਬਹਾਦਰ ਲੋਕਾਂ ਦੀ ਪਾਰਟੀ ਹੈ ਜੋ ਲੋਕ ਭਲਾਈ ਲਈ ਕੁਝ ਵੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਬਿਨਾਂ ਕਿਸੇ ਡਰ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ 'ਆਪ' ਅਤੇ ਇਸ ਦੇ ਆਗੂਆਂ 'ਤੇ ਸਫਲ ਨਹੀਂ ਹੋਣ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਸੂਬੇ ਦੀ ਸ਼ਾਨ ਬਹਾਲ ਕਰਨ ਅਤੇ ਸਾਡੇ ਮਹਾਨ ਕੌਮੀ ਆਗੂਆਂ ਦੇ ਸੁਪਨੇ ਸਾਕਾਰ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 11 ਮਹੀਨਿਆਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹੁਣ ਤੱਕ 500 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਰਕਾਰ ਦੇ ਬਣਨ ਦੇ ਪਹਿਲੇ ਕੁਝ ਮਹੀਨਿਆਂ ਵਿੱਚ ਹੀ 26,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਸਾਰੀ ਭਰਤੀ ਨਿਰੋਲ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਪੁਲਿਸ ਵਿੱਚ 2100 ਅਸਾਮੀਆਂ ਭਰਨ ਦੀ ਨਿਰਧਾਰਤ ਪ੍ਰਕਿਰਿਆ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਚਾਰ ਸਾਲਾਂ ਵਿੱਚ ਹਰ ਸਾਲ ਕਾਂਸਟੇਬਲਾਂ ਦੀਆਂ 1800 ਅਤੇ ਸਬ-ਇੰਸਪੈਕਟਰਾਂ ਦੀਆਂ 300 ਅਸਾਮੀਆਂ ਭਰਨ ਦਾ ਫੈਸਲਾ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਲੀਹ 'ਤੇ ਲਿਆਉਣ 'ਤੇ ਜ਼ੋਰ ਦੇ ਰਹੀ ਹੈ।
2022_5$largeimg_321295470.jpeg